ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ ਦਿਤੇ ਜਾਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ।

 

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੁੰਦੇ ਹੋਏ।

ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ‘ਤਨਖ਼ਾਹੀਆ’ ਐਲਾਨੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।
ਉਨ੍ਹਾਂ ਤੋਂ ਇਲਾਵਾ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਕਈ ਹੋਰ ਸਿੱਖ ਆਗੂ ਵੀ ਹਾਜ਼ਰ ਸਨ। ਜ੍ਹਿਨਾਂ ਵਿੱਚ ਇਸ ਮੌਕੇ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ, ਦਲਜੀਤ ਸਿੰਘ ਚੀਮਾ ਅਤੇ ਗੁਲਜ਼ਾਰ ਸਿੰਘ ਰਣੀਕੇ ਵੀ ਹਾਜ਼ਰ ਸਨ।
ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਕਾਲੀ ਸਰਕਾਰ ਵੇਲੇ ਜਿਹੜੇ ਆਗੂ ਮੰਤਰੀ ਸਨ, ਉਨ੍ਹਾਂ ਨੇ ਆਪਣੇ ਸਪੱਸ਼ਟੀਕਰਨ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਦਿਤੇ ਹਨ।
ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਮੀਡੀਆ ਨੂੰ ਆਪਣਾ ਸਪੱਸ਼ਟੀਕਰਨ ਪੜ੍ਹ ਕੇ ਸੁਣਾਇਆ। ਉਨ੍ਹਾਂ ਨੇ ਸਿੰਘ ਸਾਹਿਬ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾ ਕੇ ਜਲਦੀ ਤੋਂ ਜਲਦੀ ਇਸ ਬਾਰੇ ਫੈਸਲਾ ਲੈਣ ਲਈ ਬੇਨਤੀ ਕੀਤੀ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਸੁਖਬੀਰ ਬਾਦਲ ਨਿਮਾਣੇ ਮਾਣੇ ਸਿੱਖਾਂ ਨੂੰ ਜਦੋਂ ਤੱਕ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਨਹੀਂ ਹੁੰਦੇ ਉਦੋਂ ਤੱਕ ਉਹਨਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਘੋਸ਼ਿਤ ਕੀਤਾ ਜਾਂਦਾ ਹੈ।
ਦਲਜੀਤ ਸਿੰਘ ਚੀਮਾ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਨੂੰ ਅੱਜ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਭੇਜਿਆ ਹੋਇਆ ਪੱਤਰ ਮਿਲਿਆ ਸੀ। ਉਹ ਬਿਨਾਂ ਕਿਸੇ ਦੇਰੀ ਤੋਂ ਇੱਥੇ ਪੁਹੰਚ ਗਏ, ਕਿਉਂਕਿ ਉਨ੍ਹਾਂ ਦਾ ਦਿਲ ਉਪਰ ਇਸ ਸਭ ਦਾ ਭਾਰੀ ਬੋਝ ਸੀ, ਜਿਸਨੂੰ ਉਹ ਜਲਦੀ ਤੋਂ ਜਲਦੀ ਖ਼ਤਮ ਕਰਨਾ ਚਾਉਂਦੇ ਸਨ।
ਅਕਾਲ ਤਖ਼ਤ ਦੇ ਜਥੇਦਾਰ ਨੇ 2007 ਤੋਂ 2017 ਤੱਕ ਅਕਾਲੀ ਸਰਕਾਰ ਵਿੱਚ ਰਹੇ ਸਿੱਖ ਮੰਤਰੀਆਂ ਨੂੰ ਵੀ 15 ਦਿਨਾਂ ਵਿੱਚ ਆਪਣੇ ਸਪੱਸ਼ਟੀਕਰਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਖੁਦ ਪੇਸ਼ ਹੋਕੇ ਦੇਣ ਦੇ ਹੁਕਮ ਦਿਤੇ ਸਨ ।

 

ਸੁਖਬੀਰ ਬਾਦਲ ਆਪਣਾ ਸਪੱਸ਼ਟੀਕਰਨ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ।

‘ਦਾਸ ਦੀ ਜੋਦੜੀ ਪ੍ਰਵਾਨ ਕਰੋ’- ਸੁਖਬੀਰ ਬਾਦਲ

ਸੁਖਬੀਰ ਬਾਦਲ ਵਲੋਂ ਜਥੇਦਾਰ, ਸ਼੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਦੇ ਨਾਮ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ,“ 30 ਅਗਸਤ, 2024 ਨੂੰ ਪੰਜ ਸਿੱਖ ਸਹਿਬਾਨ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਪਾਸ ਕੀਤੇ ਗਏ ਹੁਕਮਨਾਮੇ ਦੀ ਕਾਪੀ ਅੱਜ 31 ਅਗਸਤ, 2024 ਨੂੰ ਮੇਰੇ ਪਾਸ ਪਹੁੰਚੀ ਹੈ।”
“ਦਾਸ ਪੰਜ ਸਿੰਘ ਸਹਿਬਾਨ ਵੱਲੋਂ ਪਾਸ ਕੀਤੇ ਗਏ ਹੁਕਮਨਾਮੇ ਨੂੰ ਗੁਰੂ ਦਾ ਨਿਮਾਣਾ ਸਿੱਖ ਹੋਣ ਦੇ ਨਾਤੇ ਗੁਰੂ ਪੰਥ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਪ੍ਰਵਾਨ ਕਰਦਾ ਹੈ।”
“ਦਾਸ ਅੱਜ ਹੀ 31 ਅਗਸਤ, 2024 ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਹੁਕਮਨਾਮੇ ਅਨੁਸਾਰ ਗੁਰੂ ਪੰਥ ਪਾਸੋਂ ਦੋਵੇਂ ਹੱਥ ਜੋੜ ਕੇ ਨਿਮਰਤਾ ਅਤੇ ਹਲੀਮੀ ਨਾਲ ਖਿਮਾ ਜਾਚਨਾ ਕਰਦਾ ਹੈ। ਦਾਸ ਦੀ ਜੋਦੜੀ ਪ੍ਰਵਾਨ ਕਰੋ ਜੀ।”

ਦਲਜੀਤ ਸਿੰਘ ਚੀਮਾ ਦਾ ਸਪੱਸ਼ਟੀਕਰਨ

ਦਲਜੀਤ ਸਿੰਘ ਚੀਮਾ ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਕਿ ਉਹ ਅਕਾਲੀ ਸਰਕਾਰ ਵਿੱਚ ਸਿੱਖਿਆ ਮੰਤਰੀ ਸਨ ਅਤੇ ਪਾਰਟੀ ਵਿੱਚ ਕਈ ਹੋਰ ਅਹੁਦਿਆਂ ’ਤੇ ਵੀ ਰਹੇ ਹਨ।
ਉਸਨੇ ਆਪਣਾ ਬਿਆਨ ਪੜ੍ਹਿਆ ਅਤੇ ਕਿਹਾ: “ਸੁਖਬੀਰ ਸਿੰਘ ਬਾਦਲ ਵੱਲੋਂ 24 ਜੁਲਾਈ ਸੁਖਬੀਰ ਬਾਦਲ ਵੱਲੋਂ ਜਾਤੀ ਤੌਰ ਉੱਤੇ ਸਪੱਸ਼ਟੀਕਰਨ ਦਿੱਤਾ ਜਾ ਚੁੱਕਾ ਹੈ, ਮੈਂ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ।”

 

ਅਕਾਲ ਤਖ਼ਤ ਵਲੋਂ ਕੀ ਕਿਹਾ ਗਿਆ ਸੀ ?

ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਮੰਤਰੀਆਂ ਨੂੰ ਹੁਕਮਨਾਮਾ ਜਾਰੀ ਕਰਦੇ ਹੋਏ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ ।
ਜਿਸ ਵੇਲ੍ਹੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬੋਲਦੇ ਹੁਕਮਨਾਮਾ ਜਾਰੀ ਕਰਦੇ ਹੋਏ ਕਿਹਾ ਸੀ ਕਿ “ਪੰਜ ਸਿੰਘ ਸਾਹਿਬਾਨਾਂ ਦੀ ਸਰਵਸੰਮਤੀ ਨਾਲ ਫ਼ੈਸਲਾ ਹੋਇਆ ਕਿ ਸੁਖਬੀਰ ਬਾਦਲ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਹੁੰਦਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿੰਦੇ ਹੋਏ ਕੁਝ ਅਜਿਹੇ ਫ਼ੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਭਾਰੀ ਢਾਹ ਲੱਗੀ। ਇਸ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਪਤਲੀ ਹੋਈ, ਸਿੱਖ ਹਿੱਤਾਂ ਦਾ ਨੁਕਸਾਨ ਹੋਇਆ। ਇਸ ਲਈ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਇਨ੍ਹਾਂ ਦੇ ਭਾਈਵਾਲ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਣ।”

 

ਸੁਖਬੀਰ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਨਤਮਸਤਕ ਹੁੰਦੇ ਹੋਏ।

ਤਨਖ਼ਾਹੀਆ ਹੋਣ ਦਾ ਕੀ ਮਤਲਬ ਹੈ ?

ਸਿੱਖ ਧਰਮ ਵਿੱਚ ਧਾਰਮਿਕ ਸਜ਼ਾ ਤਨਖ਼ਾਹ ਨੂੰ ਕਿਹਾ ਜਾਂਦਾ ਹੈ।ਸਿੱਖ ਲੇਖਕ ਅਤੇ ਸਾਬਕਾ ਪ੍ਰੋਫੈਸਰ ਗੁਰਦਰਸ਼ਨ ਸਿੰਘ ਢਿੱਲੋਂ ਜੀ ਕਹਿੰਦੇ ਹਨ ਕਿ “ਇਹ ਇੱਕ ਨੈਤਿਕ ਸਜ਼ਾ ਹੈ, ਇਸਦਾ ਮਤਲਬ ਹੈ ਕਿ ਜਿਸ ਵਿਅਕਤੀ ਨੂੰ ਤਨਖਾਹ ਲਗਾਈ ਗਈ ਹੋਵੇ , ਸਿੱਖ ਪੰਥ ਵਿੱਚ ਉਸ ਵਿਅਕਤੀਗਤ ਮਿਆਰ ਨੀਵਾਂ ਹੁੰਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈਬਸਾਈਟ ਅਨੁਸਾਰ : “ਸਿੱਖ ਰਹਿਤ ਮਰਿਯਾਦਾ ਦੇ ਵਿਰੁੱਧ ਜਾਣ ਨੂੰ “ਕਰਮ-ਧਰਮ ਦੰਡ ਦਾ ਨਾਉਂ” “ਤਨਖ਼ਾਹ” ਹੈ। ਸਿੱਖ ਰਹਿਤ ਮਰਿਯਾਦਾ ਦੇ ਨਿਯਮ ਤੋੜਨ ਵਾਲੇ ਨੂੰ ਤਨਖ਼ਾਹੀਆ ਕਿਹਾ ਜਾਂਦਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੂੰ ਵੀ 1988 ਵਿੱਚ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਦਾ ਸਾਹਮਣਾ ਕਰਨਾ ਪਿਆ ਸੀ ਜਦੋਂ ਉਨ੍ਹਾਂ ਨੂੰ 21 ਦਿਨ ਗੁਰੂ ਘਰ ਦੀ ਸੇਵਾ ਕਰਨ ਲਈ ਕਿਹਾ ਗਿਆ ਸੀ।
ਉਹਨਾਂ ਨੂੰ ਇਹ ਧਾਰਮਿਕ ਸਜ਼ਾ 1985 ਤੋਂ 1987 ਤੱਕ ਦੇ ਆਪਣੇ ਸ਼ਾਸਨਕਾਲ ਦੌਰਾਨ ਕੀਤੇ ਗਏ “ਗਲਤ ਫੈਸਲਿਆਂ” ਲਈ ਮਿਲੀ।
ਅਕਾਲ ਤਖ਼ਤ ਕੀ ਹੈ ?
ਅਕਾਲ ਤਖ਼ਤ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਪਹਿਲਾ ਅਤੇ ਸਰਵਉੱਚ ਹੈ। ਇਤਿਹਾਸਕ ਸਰੋਤਾਂ ਅਨੁਸਾਰ, ਇਸ ਦੀ ਸਥਾਪਨਾ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਨੇ ਕੀਤੀ ਸੀ। ਜੋ ਕਿ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਕੰਪਲੈਕਸ ਦੀ ਇਮਾਰਤ ਵਿੱਚ ਬਣਾਇਆ ਗਿਆ ਸੀ।
ਸਿੱਖ ਇਤਿਹਾਸਕਾਰ ਡੀ. ਸੁਖਦਿਆਲ ਸਿੰਘ ਆਪਣੀ ਪੁਸਤਕ ‘ਖਾਲਸਾ ਪੰਥ ਦੇ ਪੰਜ ਤਖ਼ਤ’ ਵਿੱਚ ਲਿਖਦੇ ਹਨ: “ਅਕਾਲ ਤਖ਼ਤ ਸਮੁੱਚੇ ਸਿੱਖ ਪੰਥ ਦਾ ਕੇਂਦਰ ਹੈ ਅਤੇ ਅਕਾਲ ਤਖ਼ਤ ਵੱਲੋਂ ਜਾਰੀ ਫ਼ਰਮਾਨ ਸਮੁੱਚੇ ਪੰਥ ਨੂੰ ਜਾਰੀ ਕੀਤਾ ਜਾਂਦਾ ਹੈ, ਇਸ ਲਈ ਇਹ ਫ਼ਰਮਾਨ ਸਾਰੇ ਸਿੱਖਾਂ ਲਈ ਮੰਨਣਾ ਜਰੂਰੀ ਹੁੰਦਾ ਹੈ।
ਅਕਾਲ ਤਖ਼ਤ ਸਾਹਿਬ 400 ਸਾਲਾਂ ਤੋਂ ਹੋਂਦ ਵਿੱਚ ਹੈ ਅਤੇ ਇਤਿਹਾਸ ਵਿੱਚ ਬਹੁਤ ਸਾਰੀਆਂ ਉਦਾਹਰਣਾਂ ਹਨ ਜੋ ਦਰਸਾਉਂਦੀਆਂ ਹਨ ਕਿ ਕਿਵੇਂ ਸਿੱਖ ਧਾਰਮਿਕ ਫੈਸਲੇ ਅਤੇ ਭਵਿੱਖ ਦੀਆਂ ਰਣਨੀਤੀਆਂ ਕਰਨ ਲਈ ਸੰਕਟ ਦੇ ਸਮੇਂ ਇੱਥੇ ਇਕੱਠੇ ਹੁੰਦੇ ਰਹੇ ਹਨ।
ਪੰਜ ਸਿੰਘ ਸਾਹਿਬਾਨ ਦੀਆਂ ਮੀਟਿੰਗਾਂ ਵਿੱਚ ਜਥੇਦਾਰ ਅਕਾਲ ਤਖ਼ਤ ਸਾਹਿਬ ਮੁੱਖ ਭੂਮਿਕਾ ਨਿਭਾਉਂਦੇ ਹਨ। ਇਹ ਪਰੰਪਰਾ ਹੈ ਕਿ ਇਹਨਾਂ ਜਥੇਦਾਰਾਂ ਦੀਆਂ ਮੀਟਿੰਗਾਂ ਵਿੱਚ ਸਿੱਖ ਧਰਮ ਦੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ ਅਤੇ ਗੁਰੂ ਗ੍ਰੰਥ ਸਾਹਿਬ ਦੇ ਦ੍ਰਿਸ਼ਟੀਕੋਣ ਤੋਂ ਮਰਿਯਾਦਾ ਗੁਰਮਤ ਦੇ ਅਧਾਰ ਤੇ ਸਬੰਧਤ ਫੈਸਲੇ ਲਏ ਜਾਂਦੇ ਹਨ।
ਸਮੁੱਚੀ ਸਿੱਖ ਕੌਮ ਸੇਧ ਲਈ ਜਥੇਦਾਰ ਅਕਾਲ ਤਖ਼ਤ ਵੱਲ ਦੇਖਦੀ ਹੈ ਅਤੇ ਜਥੇਦਾਰ ਤੋਂ ਨਿਰਪੱਖ ਪੰਥਕ ਮਰਿਆਦਾ, ਗੁਰੂ ਗ੍ਰੰਥ ਸਾਹਿਬ ਦੇ ਫਲਸਫੇ ਅਤੇ ਗੁਰੂ ਮਰਿਆਦਾ ਦੀ ਰੌਸ਼ਨੀ ਵਿੱਚ ਨਿਰਪੱਖਤਾ ਨਾਲ ਫੈਸਲੇ ਲੈਣ ਦੀ ਆਸ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *